Tuesday, September 27, 2016

Jyoti - Jyot Purab of Guru Nanak Dev Ji

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ

ਨਵੀਂ ਦਿੱਲੀ (26 ਸਤੰਬਰ 2016): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਬੜੀ ਸ਼ਰਧਾ ਨਾਲ ਗੁਰਦੁਆਰਾ ਨਾਨਕ ਪਿਆਊ ਵਿਖੇ ਮਨਾਇਆ ਗਿਆ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਖਲੋਣ ਦਾ ਸੰਗਤਾਂ ਨੂੰ ਸੱਦਾ ਦਿੰਦੇ ਹੋਏ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਨੂੰ ਸੰਗਤਾਂ ਤਕ ਪਹੁੰਚਾਉਣ ਵਿਚ ਵਿਚਾਰਕ ਤੌਰ ਤੇ ਨਾਕਾਮ ਵੀ ਦੱਸਿਆ। ਸਿਰਸਾ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚਲ ਰਹੀਆਂ ਤਿਆਰੀਆਂ ਦਾ ਜਿਕਰ ਕਰਦੇ ਹੋਏ ਕਮੇਟੀ ਵੱਲੋਂ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਉਣ ਵਾਸਤੇ ਕੀਤੇ ਗਏ ਜਤਨਾ ਦਾ ਹਵਾਲਾ ਦਿੱਤਾ।


ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਰਾਜ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਕੀਤੀ ਗਈ ਘਾਲਣਾ ਦਾ ਮੁੱਲ ਦੇਸ਼ ਦੇ ਲੋਕਾਂ ਅਤੇ ਇਤਿਹਾਸਕਾਰਾਂ ਵੱਲੋਂ ਨਾ ਪਾਉਣ ਦਾ ਵੀ ਸਿਰਸਾ ਨੇ ਦੋਸ਼ ਲਗਾਇਆ। ਸਿਰਸਾ ਨੇ ਦਿੱਲੀ ਕਮੇਟੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵੱਲੋਂ ਪੂਰੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕਾਰਜ ਕਰਨ ਦਾ ਵੀ ਦਾਅਵਾ ਕੀਤਾ। ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਦੌਰਾਨ ਗੁਰੂ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਪੰਥ ਦੇ ਉੱਘੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

ਇਸ ਮੌਕੇ 1984 ਸਿੱਖ ਕਤਲੇਆਮ ਬਾਰੇ ਫਿਲਮ ‘‘31 ਦਸੰਬਰ’’ ਦੇ ਡਾਇਰੈਕਟਰ ਹੈਰੀ ਸਚਦੇਵਾ ਅਤੇ ਬਾਬਾ ਖਾਲਸਾ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
With Thanks : Media DSGMC

No comments: